ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 2129 ਕਰੋੜ ਰੁਪਏ ਦੀ ਅਦਾਇਗੀ : ਕਟਾਰੂਚੱਕ
12 ਅਕਤੂਬਰ ਤੱਕ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, ਏਜੰਸੀਆਂ ਵੱਲੋਂ 14.62 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ
ਨਕੋਦਰ (ਜਲੰਧਰ) 13 ਅਕਤੂਬਰ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਚਨਬੱਧ ਹੈ।

ਨਕੋਦਰ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਦੱਸਿਆ ਕਿ 12 ਅਕਤੂਬਰ ਤੱਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 14.62 ਲੱਖ ਮੀਟ੍ਰਿਕ ਟਨ ਅਨਾਜ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 2129 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ 1854 ਖ਼ਰੀਦ ਕੇਂਦਰਾਂ ਵਿੱਚ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਇਸ ਸਾਲ 182 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਅਨਾਜ ਮੰਡੀਆਂ ਵਿੱਚ ਮੌਜੂਦ ਰਹਿਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਅਤੇ ਅਦਾਇਗੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ ਤਾਂ ਜੋ ਖ਼ਰੀਦ ਕਾਰਜਾਂ ਬਾਰੇ ਫੀਡਬੈਕ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਦੀ ਅਪੀਲ ਵੀ ਕੀਤੀ।

ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਖ਼ਰੀਦ ਪ੍ਰਕਿਰਿਆ ’ਤੇ ਨੇੜਿਓਂ ਨਜ਼ਰ ਰੱਖਣ ਲਈ ਅਸਰਦਾਰ ਵਿਧੀ ਤਿਆਰ ਕੀਤੀ ਗਈ ਹੈ। ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਜਲੰਧਰ ਵਿੱਚ ਏਜੰਸੀਆਂ ਵੱਲੋਂ ਇਸ ਸੀਜ਼ਨ ਵਿੱਚ 1062004 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਅਨੁਮਾਨ ਲਗਾਇਆ ਗਿਆ ਹੈ ਅਤੇ ਜ਼ਿਲ੍ਹੇ ਦੀਆਂ 81 ਦਾਣਾ ਮੰਡੀਆਂ ਵਿੱਚ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

