ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣ ਲਈ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ
ਜਲੰਧਰ, 8 ਦਸੰਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਨੌਜਵਾਨਾਂ ਨੂੰ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੱਦਾ ਦਿੱਤਾ। ਇਥੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਦੇ ‘ਮਹਾਪ੍ਰੀਨਿਰਵਾਣ ਦਿਵਸ’ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਸਮਾਜ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਚਾਹੀਦਾ ਹੈ ਅਤੇ ਨੌਜਵਾਨ ਨੂੰ ਆਰਥਿਕ ਅਤੇ ਸਮਾਜਿਕ ਨਿਆਂ, ਹਰ ਕਿਸੇ ਖਾਸ ਕਰ ਕਮਜ਼ੋਰ ਵਰਗ, ਮਜ਼ਦੂਰਾਂ ਅਤੇ ਔਰਤਾਂ ਲਈ ਬਰਾਬਰੀ ਦੇ ਮੌਕੇ ਦੇ ਆਦਰਸ਼ਾਂ ’ਤੇ ਪਹਿਰਾ ਦੇਣ ਦਾ ਪ੍ਰਣ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਰਹਿ ਰਹੇ ਹਾਂ, ਜਿੱਥੇ ਵੱਖ-ਵੱਖ ਧਰਮਾਂ, ਜਾਤਾਂ ਨਾਲ ਸਬੰਧਤ ਲੋਕ ਸੰਵਿਧਾਨ ਰਾਹੀਂ ਇਕ ਧਾਗੇ ਵਿੱਚ ਪਰੋਏ ਹੋਏ ਹਨ ਡਾ. ਅੰਬੇਡਕਰ ਦੇ ਜੀਵਨ ਨੂੰ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਕਰਾਰ ਦਿੰਦਿਆਂ ਸਾਰੰਗਲ ਨੇ ਕਿਹਾ ਕਿ ਬਾਬਾ ਸਾਹਿਬ ਲਿੰਗ ਸਮਾਨਤਾ ਦੇ ਝੰਡਾਬਰਦਾਰ ਸਨ, ਜਿਨ੍ਹਾਂ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਅੰਬੇਡਕਰ ਨੂੰ ਸਿਰਫ਼ ਦਲਿਤ ਆਗੂ ਕਹਿਣਾ ਸਰਾਸਰ ਬੇਇਨਸਾਫ਼ੀ ਹੈ ਕਿਉਂਕਿ ਉਹ ਇੱਕ ਕੌਮੀ ਆਗੂ, ਮਹਾਨ ਅਰਥ ਸ਼ਾਸਤਰੀ, ਸਮਾਜ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਲੇਖਕ ਅਤੇ ਕਾਨੂੰਨਦਾਨ ਸਨ।
ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦਿਆਂ ਦੇਸ਼ ਦੇ ਸਰਵਪੱਖੀ ਵਿਕਾਸ ਲਈ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਵੀ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਦੇ ਵਿਚਾਰ ਅਤੇ ਆਦਰਸ਼ ਸਾਨੂੰ ਅੱਜ ਵੀ ਸੇਧ ਦਿੰਦੇ ਹਨ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਵੀ ਡਾ.ਬੀ.ਆਰ.ਅੰਬੇਡਕਰ ਵੱਲੋਂ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਨਿਭਾਈ ਗਈ ਅਹਿਮ ਭੂਮਿਕਾ ’ਤੇ ਚਾਨਣਾ ਪਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਵਿੱਚ ਲੇਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਵੀ ਸ਼ਾਮਲ ਹਨ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਡਿਪਟੀ ਡਾਇਰੈਕਟਰ ਲੋਕ ਸੰਪਰਕ ਮਨਵਿੰਦਰ ਸਿੰਘ, ਅਸ਼ੋਕ ਸਹੋਤਾ, ਸੁਰਜੀਤ ਲਾਲ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

