ਕਿਹਾ-ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ
ਕਪੂਰਥਲਾ(ਗੌਰਵ ਮੜੀਆ )ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਸਰਕਾਰੀ ਦਫਤਰਾਂ ਵਿੱਚ ਲੋਕ ਦੀ ਖੱਜਲ-ਖ਼ੁਆਰੀ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟ੍ਰਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਅੰਦਰ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕਹਿਆ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ।
ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆ ਚੇਅਰਮੈਨ ਇੰਡੀਅਨ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਲਗਾਏ ਗਏ ਕੈਂਪ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ।ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਨਵੇਂ ਯੁੱਗ ਦੀ ਸ਼ੁਰੂਆਤ ਹੈ।ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ। ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਪਾਰਦਰਸ਼ੀ,ਖੱਜਲ-ਖ਼ੁਆਰੀ ਰਹਿਤ ਅਤੇ ਭਿ੍ਸ਼ਟਾਚਾਰ ਮੁਕਤ ਸੇਵਾਵਾਂ ਬਣਾਉਣ ਲਈ ਸਰਕਾਰ ਨੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ।

