ਅਧਿਕਾਰੀਆਂ ਕੋਲੋਂ ਵਿਕਾਸ ਲਈ ਦੀ ਜਾਣਕਾਰੀ ਲਈ ਅਤੇ ਵਿਕਾਸ ਕਾਰਜ ਨਿਰਧਾਰਿਤ ਸਮਾਂ ਅੰਦਰ ਮੁਕੰਮਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼
ਬਟਾਲਾ, 31 ਜਨਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨੇੜੇ ਨਵਾਂ ਪਿੰਡ ਵਿਖੇ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲਿਆ। ਉਨਾਂ ਸੀਵਰੇਜ਼ ਟਰੀਟਮੈਂਟ ਪਲਾਂਟ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕੰਮਾਂ ਦੀ ਮੁਕੰਮਲ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਸੀਵਰੇਜ਼ ਦੀ ਵੱਡੀ ਸਮੱਸਿਆ ਹੈ ਅਤੇ ਇਸ ਸਮੱਸਿਆ ਤੋਂ ਨਿਜਾਤ ਪਾਉਣ ਦੇ ਮੰਤਵ ਤਹਿਤ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਬਹੁਤ ਜਲਦ ਇਸ ਪਲਾਂਟ ਦੀ ਉਸਾਰੀ ਹੋਣ ਨਾਲ ਸੀਵਰੇਜ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਲਗਾਤਾਰ ਰੀਵੀਓ ਮੀਟਿੰਗ ਕਰਕੇ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ, ਜਿਸ ਦੇ ਚੱਲਦਿਆਂ ਸੂਬੇ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ, ਜਿਨਾਂ ਵਿੱਚ ਬਟਾਲਾ ਤਹਿਸੀਲ ਕੰਪਲੈਕਸ ਦੀ ਉਸਾਰੀ ਚੱਲ ਰਹੀ ਹੈ। ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਤੱਕ, ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਸ਼ਹਿਰ ਵਿਚਲੀ ਸੜਕ, ਸਿੰਬਲ ਚੌਂਕ ਤੋਂ ਪਿੰਡ ਧੁੱਪਸੜੀ ਤੱਕ ਸੜਕ ਚੋੜੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਵਿਧਾਇਕ ਸ਼ੈਰੀ ਕਲਸੀ ਨੇ ਦੁਹਰਾਇਆ ਕਿ ਬਟਾਲਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਉਹ ਲਗਾਤਾਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀਆਂ ਨਾਲ ਰਾਬਤਾ ਕਰਕੇ, ਬਟਾਲਾ ਸ਼ਹਿਰ ਅਤੇ ਬਟਾਲਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਰਵਾਉਣ ਲਈ ਯਤਨਸ਼ੀਲ ਹਨ।

