ਜਲੰਧਰ,6 ਫ਼ਰਵਰੀ, : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਰਾਜ ਦੇ ਵੱਖ ਵੱਖ ਜ਼ਿਲਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ ਅਤੇ ਮੁਕਤਸਰ ਆਦਿ ਅੰਦਰ 16 ਫ਼ਰਵਰੀ ਨੂੰ ਭਾਰਤ ਬੰਦ ਵਿੱਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰੇਗੀ। ਵੱਖ ਵੱਖ ਜ਼ਿਲ੍ਹਿਆਂ ਵਿੱਚ ਯੂਨੀਅਨ ਦੀਆਂ ਜ਼ਿਲ੍ਹਾ ਪੱਧਰੀ ਵਿਸਥਾਰੀ ਮੀਟਿੰਗਾਂ ਕਰਕੇ ਇਸ ਦੀ ਰੂਪ ਰੇਖਾ ਉਲੀਕ ਕੇ ਆਗੂਆਂ, ਕਾਰਕੁਨਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਫਾਸ਼ੀਵਾਦੀ ਨੀਤੀਆਂ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚਾ, ਟ੍ਰੇਡ ਯੂਨੀਅਨਾਂ,ਪੇਂਡੂ ਮਜ਼ਦੂਰ ਅਤੇ ਹੋਰ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ,ਸਿਹਤ, ਵਿਦਿਆ ਅਤੇ ਸੁਰੱਖਿਆ ਨੂੰ ਕੇ ਸਮਾਜ ਦਾ ਹਰ ਵਰਗ ਇਸ ਬੰਦ ਨੂੰ ਸਫ਼ਲ ਬਣਾਏਗਾ।
16 ਫ਼ਰਵਰੀ ਨੂੰ ਭਾਰਤ ਬੰਦ ਮੌਕੇ ਯੂਨੀਅਨ ਮੰਗ ਕਰਦੀ ਹੈ ਕਿ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟ ਮੁਹੱਈਆ ਕਰਵਾਈ ਜਾਵੇ, ਮਗਨਰੇਗਾ ਤਹਿਤ 200 ਦਿਨ ਰੁਜ਼ਗਾਰ ਤੇ ਦਿਹਾੜੀ 700 ਰੂਪਏ ਕੀਤੀ ਜਾਵੇ,ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਿੱਚ ਵਰਤੋਂ ਦੀਆਂ ਸਾਰੀਆਂ ਵਸਤਾਂ ਕੰਟਰੋਲ ਰੇਟ ‘ਤੇ ਦਿੱਤੀਆਂ ਜਾਣ ਅਤੇ ਮਜ਼ਦੂਰਾਂ ਕਿਸਾਨਾਂ ਦੇ ਸਹਿਕਾਰੀ, ਸਰਕਾਰੀ ਤੇ ਗੈਰ ਸਰਕਾਰੀ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ।

