ਕਪੂਰਥਲਾ(ਗੌਰਵ ਮੜੀਆ )ਹੱਕੀ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ,ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਅਤੇ ਉਹ ਸਾਡੇ ਦੇਸ਼ ਦੇ ਅੰਨਦਾਤਾ ਹਨ।ਉਨ੍ਹਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ ਅਤੇ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਣਾ ਚਾਹੀਦਾ।ਉਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਸ਼ਕਤੀ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਅੰਦਰ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਸਭ ਦਾ ਹੱਕ ਹੈ,ਇਸ ਲਈ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਕਰਕੇ ਮਾਮਲਾ ਹੋਰ ਉਲਝਾਇਆ ਜਾਵੇ।ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਤੋਂ ਜਬਰੀ ਰੋਕਣ ਦੀ ਥਾਂ ਉਨ੍ਹਾਂ ਦੇ ਮਸਲੇ ਨਜਿੱਠਣ ਵੱਲ ਧਿਆਨ ਦੇਵੇ।ਉਨ੍ਹਾਂ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਵੀ ਸਖ਼ਤ ਨਿੰਦਾ ਕੀਤੀ।
ਸਾਹੀ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਦੇਸ਼ ਦਾ ਕਿਸਾਨ ਸਾਡੇ ਰਾਸ਼ਟਰ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨਾਂ ਦੀ ਗੱਲ ਕਰੀਏ ਤਾਂ 1947 ਵਿਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸਾਨੀ ਦੇ ਸਬੰਧ ਵਿਚ ਕਈ ਅੰਦੋਲਨ ਵੀ ਹੋਏ।ਇਨ੍ਹਾਂ ਅੰਦੋਲਨਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਨੂੰ ਕਿਸਾਨਾਂ ਮੂਹਰੇ ਝੁਕਣਾ ਪਿਆ। ਕੁਝ ਕਾਰਪੋਰੇਟ ਘਰਾਣੇ ਚਾਹੁੰਦੇ ਹਨ ਕਿ ਖੇਤੀ ਦਾ ਬਾਜ਼ਾਰ ਵੀ ਪੂੰਜੀਪਤੀਆਂ ਦੇ ਹੱਥਾਂ ਵਿਚ ਆ ਜਾਵੇ।ਜੇ ਭਵਿੱਖ ਚ ਅਜਿਹਾ ਹੁੰਦਾ ਹੈ ਤਾਂ ਦੇਸ਼ ਅੰਦਰ ਗੁਲਾਮੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ ਤੇ ਦੇਸ਼ ਉਦਯੋਗਪਤੀਆਂ ਦਾ ਗੁਲਾਮ ਬਣ ਕੇ ਰਹਿ ਜਾਵੇਗਾ ਤੇ ਆਮ ਨਾਗਰਿਕਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

