ਜਲੰਧਰ, 20 ਜੁਲਾਈ, : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਆਪਣੀ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਅੱਜ ਤੋਂ ਲਾਮਬੰਦੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਜ਼ਦੂਰ ਮੁੱਦਿਆਂ ਦੇ ਠੋਸ ਨਿਪਟਾਰੇ ਲਈ 30 ਜੁਲਾਈ ਤੱਕ ਹਰ ਜ਼ਿਲ੍ਹਾ ਪੱਧਰੀ ਵਿਸਥਾਰੀ ਮੀਟਿੰਗਾਂ ਕਰਨ ਉਪਰੰਤ 1 ਅਗਸਤ ਤੋਂ 15 ਅਗਸਤ ਤੱਕ ਪਿੰਡ ਪੱਧਰੀ ਮਾਰਚ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ 19 ਅਗਸਤ ਤੋਂ 26 ਅਗਸਤ ਤੱਕ ਪੰਜਾਬ ਭਰ ਵਿੱਚ ਹਫ਼ਤਾਵਰੀ ਬਲਾਕ ਪੱਧਰੀ, ਬੀਡੀਪੀਓ ਦਫ਼ਤਰਾਂ ਅੱਗੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ, ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਣ, ਨਜ਼ੂਲ ਤੇ ਪ੍ਰੋਵੈਨਸ਼ਲ ਗੌਰਮਿੰਟ ਦੀਆਂ ਅਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਕੇ ਦਲਿਤਾਂ ਨੂੰ ਮਾਲਕੀ ਹੱਕ ਦੇਣ,ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ ਸਮੇਤ ਪੱਕਾ ਰੁਜ਼ਗਾਰ ਤੇ ਦਿਹਾੜੀ 1 ਹਜ਼ਾਰ ਰੁਪਏ ,ਮਾਈਕਰੋ ਫਾਇਨਾਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮੁਆਫ਼ੀ ਤੇ ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ ਦੇ ਸਵਾਲ ਨੂੰ ਲੈ ਕੇ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਮਜ਼ਦੂਰਾਂ ਦੇ ਮੰਗਾਂ ਮਸਲਿਆਂ ਦਾ ਨਿਪਟਾਰਾ ਕਰਨ ਲਈ ਗੰਭੀਰ ਹੈ।
ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਪੱਕਾ ਰੁਜ਼ਗਾਰ ਜਾਂ ਹਰ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਥਾਂ ਮਗਨਰੇਗਾ ਵਰਕਰਾਂ ਤੋਂ ਕੰਮ ਖੋਹ ਕੇ ਮਗਨਰੇਗਾ ਕਾਰਜਾਂ ਨੂੰ ਆਪ ਪਾਰਟੀ ਦੇ ਆਗੂਆਂ ਦੀ ਕੱਠਪੁਤਲੀ ਬਣਾਉਣ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪਿੰਡ ਟਾਹਲੀ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੰਘਰਸ਼ ਦਾ ਰੀਵਿਊ ਕਰਦਿਆਂ ਸੰਘਰਸ਼ ਉੱਪਰ ਤਸੱਲੀ ਪ੍ਰਗਟ ਕੀਤੀ ਗਈ ਅਤੇ ਟਾਂਡਾ ਨੂੰ ਘੋਲ਼ ਦਾ ਕੇਂਦਰ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਐੱਮ ਐੱਲ ਏ ਟਾਂਡਾ ਜਸਵੀਰ ਸਿੰਘ ਰਾਜਾ ਅਤੇ ਉਸਦੇ ਹਮਾਇਤੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਐੱਸ ਐੱਸ ਪੀ ਹੁਸ਼ਿਆਰਪੁਰ ਨੂੰ ਸੰਘਰਸ਼ ਵਿੱਚ ਸਹਿਯੋਗੀ ਜਥੇਬੰਦੀਆਂ ਸਮੇਤ ਵਫ਼ਦ ਮਿਲਿਆ ਜਾਵੇਗਾ। ਜਥੇਬੰਦੀ ਨੇ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਲਈ ਪੂਰਾ ਤਾਣ ਲਗਾਉਣ ਦਾ ਹੋਕਾ ਵੀ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ,ਹੰਸ ਰਾਜ ਪੱਬਵਾਂ, ਕਮਲਜੀਤ ਸਨਾਵਾਂ ਅਤੇ ਮੰਗਾ ਸਿੰਘ ਵੈਰੋਕੇ ਆਦਿ ਵੀ ਹਾਜ਼ਿਰ ਸਨ।

