ਭੀਖ ਮੰਗਵਾਉਣ ’ਚ ਸ਼ਾਮਿਲ ਵਿਅਕਤੀਆਂ ਨੂੰ ਜੁਵੇਨਾਈਲ ਐਕਟ ਤਹਿਤ 2 ਸਾਲ ਦੀ ਕੈਦ ਤੇ 1 ਲੱਖ ਰੁਪਏ ਦਾ ਹੋ ਸਕਦੈ ਜੁਰਮਾਨਾ
ਜਲੰਧਰ, 24 ਅਕਤੂਬਰ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰੋਜੈਕਟ ਜੀਵਨ ਜੋਤ ਤਹਿਤ ਜ਼ਿਲ੍ਹਾ ਜਲੰਧਰ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਬੀ.ਐਮ.ਸੀ. ਚੌਕ, ਚੁਨਮੁੰਨ ਚੌਕ, ਗੁਰੂ ਨਾਨਕ ਮਿਸ਼ਨ ਤੇ ਕਪੂਰਥਲਾ ਚੌਕ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਬਾਲ ਭਿੱਖਿਆ ਨੂੰ ਰੋਕਣ ਲਈ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 3 ਲੜਕੀਆਂ ਨੁੂੰ ਰੈਸਕਿਊ ਕੀਤਾ ਗਿਆ, ਜੋ ਭੀਖ ਮੰਗ ਰਹੀਆਂ ਸਨ।
ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਵਿਅਕਤੀ ਨੂੰ ਜੁਵੇਨਾਈਲ ਜਸਟਿਸ ਐਕਟ ਅਧੀਨ ਦੋ ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਵਿਭਾਗ ਵਲੋਂ ਇਹ ਜਾਂਚ ਮੁਹਿੰਮ ਪੂਰੇ ਪੰਜਾਬ ਵਿੱਚ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਜੋ ਦੂਜੇ ਰਾਜਾਂ ਤੋਂ ਆਏ ਪ੍ਰਵਾਸੀਆਂ ਨੂੰ ਪੰਜਾਬ ਵਿੱਚ ਭੀਖ ਮੰਗਣ ਤੋਂ ਰੋਕਿਆ ਜਾ ਸਕੇ ਅਤੇ ਭੀਖ ਮੰਗਣ ਵਿੱਚ ਲੱਗੇ ਹੋਏ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਉਜਵੱਲ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਜਿਲਾ ਬਾਲ ਸੁਰੱਖਿਆ ਅਫਸਰ ਅਜੈ ਭਾਰਤੀ ਦੀ ਅਗਵਾਈ ਹੇਠ ਚਲਾਈ ਗਈ ਜਾਂਚ ਮੁਹਿੰਮ ਵਿੱਚ ਕੌਂਸਲਰ ਸੁਨੀਤਾ, ਪੁਲਿਸ ਵਿਭਾਗ ਤੋਂ ਸਬ ਇੰਸਪੈਕਟਰ ਸਰਬਜੀਤ ਸਿੰਘ ਵੀ ਹਾਜ਼ਰ ਸਨ।

