ਕਰਤਾਰਪੁਰ,13 ਸਤੰਬਰ (ਜਸਵੰਤ ਵਰਮਾ) ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਆਰ ਐੱਸ ਐੱਸ ਭਾਜਪਾ ਦੁਆਰਾ ਵਿੱਢੇ ਫਾਸ਼ੀ ਹਮਲਿਆਂ ਖਿਲਾਫ਼ 26 ਸਤੰਬਰ ਨੂੰ ਦਾਣਾ ਮੰਡੀ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਚ ਇਲਾਕਾ ਕਰਤਾਰਪੁਰ ਅਤੇ ਭੁਲੱਥ-ਟਾਂਡਾ ਚੋਂ ਕਿਰਤੀ ਲੋਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ।,
14 ਸਤੰਬਰ ਤੋਂ ਪਿੰਡ ਬੱਖੂ ਨੰਗਲ ਵਿਖੇ ਜਾਗੋ ਕੱਢੀ ਜਾਵੇਗੀ ਅਤੇ ਲੜੀਵਾਰ ਪਿੰਡ ਪਿੰਡ ਜਾਗੋ ਕੱਢ ਕੇ ਮਿਹਨਤੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਆਰ ਐੱਸ ਐੱਸ ਭਾਜਪਾ ਸੰਘਵਾਦ ਦਾ ਫਾਸ਼ੀਵਾਦ ਦੋ ਪਿੱਲਰਾ ਉੱਤੇ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੇਂਦਰੀਕਰਨ, ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਸੂਬਿਆਂ ਦੇ ਅਧਿਕਾਰਾਂ, ਜਮਹੂਰੀਅਤ ਅਤੇ ਮਜ਼ਦੂਰਾਂ, ਕਿਸਾਨਾਂ ਦੇ ਹੱਕਾਂ ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਡੈਮ ਸੇਫਟੀ ਐਕਟ ਅਤੇ ਸੂਬੇ ਦੇ ਵਿੱਤੀ ਅਧਿਕਾਰਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਪੰਜਾਬ ਦੇ ਹੱਕਾਂ ਅਨੁਸਾਰ ਕੀਤਾ ਜਾਵੇ।
ਆਗੂਆਂ ਨੇ ਪੰਜਾਬ ਦੇ ਪਾਣੀਆਂ ਦਾ ਸਥਾਈ ਹੱਲ, ਚੰਡੀਗੜ੍ਹ ਪੰਜਾਬ ਨੂੰ ਦੇਣ, ਡੈਮ ਸੇਫਟੀ ਐਕਟ ਰੱਦ ਕਰਨ, ਕਿਸਾਨਾਂ ਨੂੰ ਲਾਗਤ ਕੀਮਤਾਂ ਘੱਟ ਕਰਕੇ ਫਸਲਾਂ ਦੇ ਲਾਹੇਵੰਦ ਭਾਅ, ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ,ਦਿਹਾੜੀ ਚ ਵਾਧਾ,ਆਮ ਲੋਕਾਂ ਨੂੰ ਰਸੋਈ ਵਿੱਚ ਵਰਤੋਂ ਦੀਆਂ ਸਾਰੀਆਂ ਵਸਤਾਂ ਘੱਟ ਰੇਟ ਉੱਤੇ ਸਰਕਾਰੀ ਰਾਸ਼ਨ ਡੀਪੂਆਂ ਰਾਹੀਂ ਦੇਣ, ਨੌਜਵਾਨਾਂ ਲਈ ਰੁਜ਼ਗਾਰ,ਸਭ ਨੂੰ ਮੁਫ਼ਤ ਤੇ ਇੱਕ ਸਾਮਾਨ ਵਿਦਿਆ ਤੇ ਸਿਹਤ ਸਹੂਲਤਾਂ ਦੇਣ ਦੀ ਗਾਰੰਟੀ, ਨਸ਼ਿਆਂ ’ਤੇ ਰੋਕ ਅਤੇ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਦੀ ਸੁਰੱਖਿਆ ਦੀਆਂ ਮੰਗਾਂ ਉਭਾਰੀਆਂ।
ਉਨ੍ਹਾਂ ਚਾਰ ਲੇਬਰ ਕੋਡ ਰੱਦ ਕਰਨ, ਠੇਕਾ ਕਾਮਿਆਂ ਨੂੰ ਪੱਕਾ ਕਰਨ, ਘੱਟੋ-ਘੱਟ 26 ਹਜ਼ਾਰ ਰੁਪਏ ਮਜ਼ਦੂਰੀ ਅਤੇ ਸਕੀਮ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ।ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ, ਸਰਬਜੀਤ ਕੌਰ, ਇਸਤਰੀ ਜਾਗ੍ਰਿਤੀ ਮੰਚ ਦੇ ਜਸਵੀਰ ਕੌਰ ਜੱਸੀ, ਬਲਵਿੰਦਰ ਕੌਰ ਆਦਿ ਨੇ ਕੇਂਦਰ ਸਰਕਾਰ ਵਲੋਂ ਲੋਕਾਂ ਦੇ ਇਕੱਠੇ ਹੋਣ,ਬੋਲਣ ਅਤੇ ਵਿਰੋਧ ਪ੍ਰਗਟ ਕਰਨ ਵਰਗੇ ਜਮਹੂਰੀ ਅਧਿਕਾਰ ਨੂੰ ਕੁਚਲਣ ਲਈ ਵਿੱਢੇ ਫਾਸ਼ੀ ਹਮਲਿਆਂ ਖਿਲਾਫ਼ 26 ਸਤੰਬਰ ਨੂੰ ਮੋਗਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਚ ਸਾਥੀਆਂ ਸਮੇਤ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ।

