ਸਾਹਿਬਜ਼ਾਦਿਆਂ ਦੀ ਬਹਾਦਰੀ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ: ਅਨੁਰਾਗ ਠਾਕੁਰ
ਨਵੀਂ ਦਿੱਲੀ -26 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਗਿਆ। ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮਾਂ ਦੌਰਾਨ ਪ੍ਰਧਾਨ ਮੰਤਰੀ ਨੇ ਬਹਾਦਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮੌਜੂਦ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਵੀ ਮੌਜੂਦ ਸਨ।

ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਬਲਿਦਾਨ, ਤਿਆਗ ਅਤੇ ਅਮਰਤਾ ਦਾ ਸੰਦੇਸ਼ ਦਿੰਦੀ ਹੈ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ “ਵੀਰ ਬਾਲ ਦਿਵਸ” ਰਾਹੀਂ ਸਾਹਿਬਜ਼ਾਦਿਆਂ ਦੀ ਵੀਰ ਗਾਥਾ ਅਤੇ ਸਮਰਪਣ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਅੱਜ ਭਾਰਤ ਮੰਡਪਮ ਵਿੱਚ ਵੀਰ ਬਾਲ ਦਿਵਸ ਮੌਕੇ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰੋਗਰਾਮ ਵਿੱਚ ਹਾਜ਼ਰ ਨੌਜਵਾਨਾਂ ਨੂੰ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਯਕੀਨੀ ਬਣਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ “ਵੀਰ ਬਾਲ ਦਿਵਸ ਦੇ ਮੌਕੇ ‘ਤੇ ਮੈਂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਧਰਮ, ਕੌਮ ਅਤੇ ਮਾਤ ਭੂਮੀ ਦੀ ਰਾਖੀ ਲਈ ਮਹਾਨ ਬਲਿਦਾਨ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੀ ਬਲਿਦਾਨ, ਤਿਆਗ ਅਤੇ ਸਮਰਪਣ ਯੁਗਾਂ ਤੱਕ ਪ੍ਰੇਰਨਾ ਸਰੋਤ ਬਣੇ ਰਹਿਣਗੇ।”

ਪ੍ਰੋਗਰਾਮ ਤੋਂ ਬਾਅਦ ਸ਼੍ਰੀ ਅਨੁਰਾਗ ਠਾਕੁਰ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਅੱਜ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਬਹਾਦਰ ਬਾਲ ਦਿਵਸ ਮਨਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਮੁੱਚੇ ਭਾਰਤ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਹੋਣ ਅਤੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾ ਦਿੱਤਾ। ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਭਾਰਤ ਦੇ ਨੌਜਵਾਨ ਤੰਦਰੁਸਤ ਅਤੇ ਨਸ਼ਾ ਮੁਕਤ ਹੋਣਗੇ। ਅੱਜ ਸਕਿੱਲ ਇੰਡੀਆ ਰਾਹੀਂ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਸਕਿੱਲਡ ਮਾਨ ਪਾਵਰ ਪੈਦਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਤਾਕੀਦ ਵੀ ਕੀਤੀ ਕਿ ਉਹ ਮਾਈ ਭਾਰਤ ਪਲੇਟਫਾਰਮ ਨਾਲ ਜੁੜ ਕੇ ਸਰੀਰਕ ਅਤੇ ਡਿਜੀਟਲ ਗਤੀਵਿਧੀਆਂ ਰਾਹੀਂ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ। ਇਸ ਦੇ ਲਈ mybharat.gov.in ਨਾਲ ਜੁੜੋ।

