ਕਿਹਾ, ਅੱਜ ਅਸੀਂ ਫੌਜੀਆਂ ਦੀ ਸ਼ਹਾਦਤ ਕਾਰਨ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ
ਹੁਸ਼ਿਆਰਪੁਰ, 16 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਜੇ ਦਿਵਸ ਮੌਕੇ ਹੁਸ਼ਿਆਰਪੁਰ ਦੇ ਵਾਰ ਮੈਮੋਰੀਅਲ ਵਿਖੇ 1971 ਦੀ ਭਾਰਤ-ਪਾਕਿਸਤਾਨ ਜੰਗ ਅਤੇ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 3900 ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ 1971 ਦੀ ਜੰਗ ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੇ ਮੌਕੇ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਸ ਜੰਗ ‘ਚ ਸਾਡੇ ਜ਼ਿਲ੍ਹੇ ਦੇ 103 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਵਿਜੇ ਦਿਵਸ ਸਾਨੂੰ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਵਫ਼ਾਦਾਰੀ ਬਣਾਈ ਰੱਖਣ ਦੀ ਪ੍ਰੇਰਣਾ ਦਿੰਦਾ ਹੈ।

ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਸਾਡੇ ਬਹਾਦਰ ਸੈਨਿਕਾਂ ਦੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਮਾਜ ਆਪਣੇ ਬਹਾਦਰ ਸੈਨਿਕਾਂ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾੜੇ ਹਾਲਾਤ ਦੇ ਬਾਵਜੂਦ ਹਮੇਸ਼ਾ ਦੇਸ਼ ਦੀ ਇੱਜ਼ਤ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇ ਰਹੀ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਜਿਸ ਵੀ ਖੇਤਰ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਰਾਸ਼ਟਰ ਹਿੱਤ ਨੂੰ ਮੁੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1971 ਦੀ ਜੰਗ ਪੂਰੀ ਤਰ੍ਹਾਂ ਫ਼ੌਜੀ ਅਤੇ ਸਿਆਸੀ ਰਣਨੀਤੀ ਦੀ ਮਿਸਾਲ ਸੀ।

ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵੱਲੋਂ ਬੰਗਲਾ ਦੇਸ਼ ਨੂੰ ਘੱਟ ਵਿਕਸਤ ਦੇਸ਼ ਵਿੱਚੋਂ ਇਕ ਵਿਕਸਤ ਦੇਸ਼ ਵਜੋਂ ਸ਼੍ਰੇਣੀਬੱਧ ਕੀਤੇ ਜਾਣ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਸਾਡੇ ਬਹਾਦਰ ਸ਼ਹੀਦ ਸੈਨਿਕਾਂ ਦਾ ਹਮੇਸ਼ਾ ਰਿਣੀ ਰਹੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ.ਐਸ. ਢਿੱਲੋਂ, ਗੁਰਮੀਤ ਸੈਣੀ, ਭਾਰਤੀ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।


