ਕਪੂਰਥਲਾ ( ਗੌਰਵ ਮੜੀਆ ) ਸਰਬੰਸਦਾਨੀ,ਕਲਗੀਧਰ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਤੋਂ ਸ਼ਰਧਾ ਅਤੇ ਖਾਲਸਾਈ ਜੋਸ਼ ਨਾਲ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਆਪਣੀ ਸਮੁੱਚੀ ਟੀਮ ਨਾਲ ਸ਼ਮੂਲੀਅਤ ਕੀਤੀ ਅਤੇ ਸੰਗਤ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ।

ਰਾਗੀ,ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ।ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ,ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਚ ਸਥਾਨਕ ਸੰਗਤਾਂ ਨੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਵਿਰਾਸਤੀ ਸ਼ਹਿਰ ਦੀਆਂ ਗਲੀਆਂ ਵਿਚੋਂ ਲੰਘਦਾ ਹੋਇਆ ਨਗਰ ਕੀਰਤਨ ਵੇਖਣਯੋਗ ਸੀ।ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਅਤੇ ਇਸ ਪਵਿੱਤਰ ਮੌਕੇ ਤੇ ਸੰਗਤ ਨੂੰ ਵਧਾਈ ਦਿੱਤੀ।ਖੋਜੇਵਾਲ ਨੇ ਸਾਰਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਅਤੇ ਸਮਾਜ ਵਿਚ ਪਿਆਰ,ਦਇਆ ਅਤੇ ਸਦਭਾਵਨਾ ਫੈਲਾਉਣ ਦੀ ਅਪੀਲ ਵੀ ਕੀਤੀ।
ਨਗਰ ਕੀਰਤਨ ਦੀ ਸਮਾਪਤੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਨਾਲ ਹੋਈ,ਜਿੱਥੇ ਸੰਗਤਾਂ ਨੇ ਸਰਬੱਤ ਦੇ ਭਲੇ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਤੇ ਐਸਜੀਪੀਸੀ ਦੇ ਮੈੰਬਰ ਜਥੇਦਾਰ ਜਰਨੈਲ ਸਿੰਘ ਡੌਗਰਾਂਵਾਲ, ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਭਾਜਪਾ ਸਰਕਲ ਪ੍ਰਧਾਨ ਸ. ਸਰਬਜੀਤ ਸਿੰਘ ਦਿਓਲ ਅਤੇ ਸ਼ਹਿਰ ਦੀਆਂ ਸੰਗਤਾਂ ਹਾਜਰ ਸਨ।

