ਕਪੂਰਥਲਾ(ਗੌਰਵ ਮੜੀਆ )ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਦੌਰਾਨ 2024 ਦੀਆਂ ਲੋਕ ਸਭਾ ਚੋਣਾਂ ਅਤੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ ਮੁਲਾਕਾਤ ਵਿੱਚ ਪੰਜਾਬ ਦੇ ਘੱਟ ਗਿਣਤੀ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਇਨ੍ਹਾਂ ਦੇ ਹੱਲ ਲਈ ਪ੍ਰੋਗਰਾਮ ਉਲੀਕੇ ਗਏ।ਇਸ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਖੋਜੇਵਾਲ ਨੇ ਕਿਹਾ ਕਿ ਲਾਲਪੁਰਾ ਦੀ ਰਹਿਨੁਮਾਈ ਯਕੀਨੀ ਤੌਰ ਤੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖੀ ਨੂੰ ਮਜ਼ਬੂਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਾਬਕਾ ਆਈਪੀਐਸ ਅਧਿਕਾਰੀ ਲਾਲਪੁਰਾ 14 ਕਿਤਾਬਾਂ ਦੇ ਲੇਖਕ ਵੀ ਹਨ। ਲਾਲਪੁਰਾ 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਦੇ ਜਾਂਚ ਅਧਿਕਾਰੀ ਵੀ ਸਨ ।ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਲਾਲਪੁਰਾ ਨੇ ਅੰਮ੍ਰਿਤਸਰ ਦਿਹਾਤੀ,ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਐਸਐਸਪੀ ਵਜੋਂ ਸ਼ਾਨਦਾਰ ਕੰਮ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਬੇਹੱਦ ਖ਼ਫ਼ਾ ਹੋ ਚੁੱਕੇ ਹਨ।ਉਹ ਪੰਜਾਬ ਵਿੱਚ ਬਦਲਾਅ ਕਰਕੇ ਪੰਜਾਬ ਦੀ ਸੱਤਾ ਭਾਜਪਾ ਨੂੰ ਸੌਂਪਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ 2024 ਵਿੱਚ ਦੇਸ਼ ਵਿੱਚ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਘੱਟ ਗਿਣਤੀ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਕੀਤੇ ਹਨ।ਜਿਵੇਂ ਪੰਜਾਬੀਆਂ ਦੀ ਸਭ ਤੋਂ ਵੱਡੀ ਮੰਗ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਹੈ।ਖੋਜੇਵਾਲ ਨੇ ਕਿਹਾ ਕਿ ਲਾਲਪੁਰਾ ਪੰਜਾਬੀ ਮਾਨਸਿਕਤਾ ਨੂੰ ਕਿਸੇ ਹੋਰ ਨਾਲੋਂ ਬਿਹਤਰ ਜਾਣਦੇ ਹਨ ਅਤੇ ਸਮਝਦੇ ਹਨ।ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ,ਪਰ ਬਦਕਿਸਮਤੀ ਨਾਲ ਪੰਜਾਬ ਪਛੜ ਰਿਹਾ ਹੈ।ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਵਿਕਾਸ ਪੱਖੋਂ ਅੱਗੇ ਲਿਜਾਣ ਨੂੰ ਪਹਿਲ ਦੇ ਰਹੇ ਹਨ ਅਤੇ ਭਾਰਤ ਸਰਕਾਰ ਘੱਟ ਗਿਣਤੀ ਦੇ ਸਰਬਪੱਖੀ ਵਿਕਾਸ ਲਈ ਯਤਨ ਕਰ ਰਹੀ ਹੈ।

