ਕਿਹਾ-ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ
ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਕਿਸ਼ਾਨ ਵਿੰਗ ਨੇ ਪੰਜਾਬ ਦੇ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਪੁਰਜ਼ੋਰ ਨਿਖੇਧੀ ਕਰਦਿਆਂ 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ।ਆਮ ਆਦਮੀ ਪਾਰਟੀ ਕਿਸ਼ਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਸ਼ਹੀਦ ਕਿਸਾਨ ਨੂੰ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਜਬਰ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਦੇ ਜਬਰ ਦੇ ਬਾਵਜੂਦ ਕਿਸਾਨ ਲਹਿਰ ਨੂੰ ਦਬਾਇਆ ਨਹੀ ਜਾ ਸਕੇਗਾ

ਉਲਟਾ ਕਿਸਾਨਾਂ ਦਾ ਡੁੱਲਿਆ ਖੂਨ ਇਸ ਨੂੰ ਹੋਰ ਪ੍ਰਚੰਡ ਕਰੇਗਾ।ਸਾਹੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੱਤਾ ਦੇ ਹੰਕਾਰ ਵਿੱਚ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਕੇ ਦੱਸ ਦਿੱਤਾ ਹੈ ਕਿ ਉਹ ਕਾਰਪੋਰੇਟ ਦੇ ਹਿੱਤਾਂ ਨੂੰ ਪੂਰਾ ਕਰਨ ਲਈ ਐਮ ਐਸ ਪੀ ਦੇ ਮਾਮਲੇ ਵਿਚ ਵੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਸਾਹੀ ਨੇ ਸਪੱਸ਼ਟ ਕਰ ਦਿੱਤਾ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਆਮ ਆਦਮੀ ਪਾਰਟੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਸਾਹੀ ਨੇ ਮੋਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਤੁਰੰਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਉਹਨਾਂ ਨੂੰ ਤਰੁੰਤ ਲਾਗੂ ਕਰੇ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਜ਼ਖਮੀਆਂ ਨੂੰ ਉਚਿਤ ਮੁਆਵਜ਼ਾ ਰਾਸ਼ੀ ਪ੍ਰਦਾਨ ਕਰੇ।ਸਾਹੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਪੂਰੀ ਤਰਾਂ ਉਹਨਾਂ ਦੇ ਨਾਲ ਹੈ ਤੇ ਮੋਦੀ ਸਰਕਾਰ ਦੀਆਂ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਅਪਨਾਈਆ ਜਾ ਰਹੀਆਂ ਦਮਨਕਾਰੀ ਨੀਤੀਆਂ ਦਾ ਡੱਟ ਕੇ ਵਿਰੋਧ ਕਰਦੇ ਰਹਿਣਗੇ।ਸਾਹੀ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪੰਜਾਬ ਨੂੰ ਆਰਥਿਕ ਪੱਖੋ ਕਮਜ਼ੋਰ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

