ਪੰਜਾਬ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਖੋਜੇਵਾਲ ਨੇ ਕੀਤਾ ਧੰਨਵਾਦ
ਕਪੂਰਥਲਾ ( ਗੌਰਵ ਮੜੀਆ ) ਪੰਜਾਬ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਪੰਜਾਬ ਵਿੱਚ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ,ਫਸਲਾਂ,ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੰਜਾਬ ਇਸ ਸਮੇਂ ਇੱਕ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਗੁਆਂਢੀ ਰਾਜ ਹਰਿਆਣਾ ਨੇ ਮਦਦ ਦਾ ਹੱਥ ਵਧਾਇਆ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜਾਬ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਦਦ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦਗਾਰ ਹੋਵੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਉਹ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਅਸੀਂ ਸਾਰੇ ਮਿਲ ਕੇ ਇਸ ਆਫ਼ਤ ਦਾ ਸਾਹਮਣਾ ਕਰਾਂਗੇ।
ਖੋਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਤਿੰਨ ਲੱਖ ਏਕੜ ਤੋਂ ਵੱਧ ਜ਼ਮੀਨ ਪੂਰੀ ਤਰ੍ਹਾਂ ਹੜ੍ਹ ਦੇ ਪਾਣੀ ਵਿੱਚ ਡੁੱਬ ਗਈ ਹੈ। ਲੋਕਾਂ ਦੇ ਘਰ ਬੁਰੀ ਤਰ੍ਹਾਂ ਤਬਾਹ ਹੋ ਗਏ ਹਨ। ਜਾਨਵਰਾਂ ਦਾ ਵੀ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਭਾਜਪਾ ਪਾਰਟੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਕਿਰਾਏਦਾਰਾਂ ਸਮੇਤ ਸਾਰੇ ਪੀੜਤਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਖੋਜੇਵਾਲ ਨੇ ਦੱਸਿਆ ਕਿਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ, ਜੋ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ।
ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੇ ਪਿਛਲੇ ਕੁਝ ਦਿਨਾਂ ਵਿੱਚ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਪਰ ਹੁਣ ਹਰੇਕ ਜ਼ਿਲ੍ਹੇ ਲਈ ਵਿਸ਼ੇਸ਼ ਤੌਰ ‘ਤੇ ਇੰਚਾਰਜ ਨਿਯੁਕਤ ਕਰਨ ਨਾਲ ਰਾਹਤ ਕਾਰਜ ਹੋਰ ਸੁਚਾਰੂ ਹੋਣਗੇ। ਖੋਜੇਵਾਲ ਨੇ ਦਾਅਵਾ ਕੀਤਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹਨ।