ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, 11 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਗਲਵਾਰ ਨੂੰ ਬਲਾਕ ਲੋਹੀਆਂ ਦੇ ਸਤਲੁਜ ਦਰਿਆ ਨਾਲ ਲੱਗਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹਾਲਾਤ ਜਾਇਜ਼ਾ ਲਿਆ। ਕੈਬਨਿਟ ਮੰਤਰੀ ਤੇ ਰਾਜ ਸਭਾ ਮੈਂਬਰ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਨੀਂਵੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ
ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਸਥਿਤੀ ’ਤੇ 24×7 ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਦੀਆਂ ਟੀਮਾਂ ਦਿਨ-ਰਾਤ ਸੁਰੱਖਿਆ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਅਧਿਕਾਰੀਆਂ ਨੂੰ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕੈਬਨਿਟ ਮੰਤਰੀ ਤੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਬਾਰੇ ਪਤਾ ਲੱਗਦਾ ਹੈ ਜਾਂ ਕਿਸੇ ਦੇ ਫਸੇ ਹੋਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਸਥਾਪਤ ਹੜ੍ਹ ਕੰਟਰੋਲ ਰੂਮ ਦੇ ਨੰਬਰ 0181-2224417 ਜਾਂ ਐਮਰਜੈਂਸੀ ਨੰਬਰ 112 ’ਤੇ ਸੂਚਿਤ ਕੀਤਾ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

