ਜਲੰਧਰ, 23 ਸਤੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਵਿੱਚ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਥਾਨਕ ਪਿੰਡ ਸਿੰਘਾ ਵਿਖੇ ਸਿੰਘਾ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਜਾ ਰਹੇ ਆਈ.ਟੀ.ਐਫ 400 ਮਾਸਟਰ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ, ਇਸੇ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੀ ਜਵਾਨੀ ਨੂੰ ਮੁੜ ਖੇਡਾਂ ਨਾਲ ਜੋੜ ਕੇ ਰੰਗਲਾ ਪੰਜਾਬ ਬਣਾਉਣਾ ਹੈ।.
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ, ਜਿਸ ਨਾਲ ਨਾ ਸਿਰਫ਼ ਉੱਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ ਸਗੋਂ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਨੂੰ ਪੂਰੀ ਤਵਜੋਂ ਦੇ ਰਹੀ ਹੈ।
ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਹਾਰ-ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉਥੇ ਖਿਡਾਰੀਆਂ ਵਿੱਚ ਟੀਮ ਵਰਕ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਬਿਹਤਰ ਜ਼ਿੰਦਗੀ ਜਿਊਣ ਲਈ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸਪੋਰਟਸ ਅਕੈਡਮੀ ਦੇ ਪ੍ਰਬੰਧਕ ਵੀ ਮੌਜੂਦ ਸਨ।

