ਮੁੱਢਲੀ ਪ੍ਰਕਾਸ਼ਨਾ 21 ਮਾਰਚ ਨੂੰ, 11 ਅਪ੍ਰੈਲ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼
ਜਲੰਧਰ, 17 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸਮਾਂ ਸਾਰਣੀ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ 2024 ਤੱਕ ਵਧਾ ਦਿੱਤੀ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਪਰੰਤ 21 ਮਾਰਚ 2024 ਨੂੰ ਵੋਟਰ ਸੂਚੀਆਂ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ’ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ, 2024 ਹੈ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ 10 (3) ਅਨੁਸਾਰ 21 ਅਪ੍ਰੈਲ, 2024 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ ਅਤੇ 3 ਮਈ, 2024 ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਸਬੰਧਤ ਪਟਵਾਰ ਹਲਕੇ ਦੇ ਪਟਵਾਰੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲ ਜਾਂ ਲੋਕਲ ਅਥਾਰਟੀਜ਼ ਦੇ ਕਰਮਚਾਰੀਆਂ, ਜਿਨ੍ਹਾਂ ਨੂੰ ਸਬੰਧਤ ਏਰੀਏ ਦੀ ਰਿਵਾਈਜ਼ਿੰਗ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਪਾਸ ਸੰਭਾਵੀ ਵੋਟਰ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ http://jalandhar.nic.in ’ਤੇ ਉਪਲਬਧ ਹੈ।
ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਲਈ ਵੋਟਰ ਬਣਨ ਲਈ ਵਿਅਕਤੀ ਕੇਸਾਧਾਰੀ ਸਿੱਖ ਹੋਣਾ ਲਾਜ਼ਮੀ ਹੈ। ਵਿਅਕਤੀ ਆਪਣੀ ਦਾੜੀ ਜਾਂ ਕੇਸ ਨਾ ਕੱਟਦਾ/ਕੱਟਦੀ ਹੋਵੇ ਅਤੇ ਨਾ ਹੀ ਸ਼ੇਵ ਕਰਦਾ/ਕਰਦੀ ਹੋਵੇ, ਕਿਸੇ ਵੀ ਰੂਪ ਵਿੱਚ ਤੰਬਾਕੂਨੋਸ਼ੀ ਨਾ ਕਰਦਾ/ਕਰਦੀ ਹੋਵੇ ਅਤੇ ਨਾ ਹੀ ਕੁੱਠਾ (ਹਲਾਲ) ਮਾਸ ਦਾ ਸੇਵਨ ਕਰਦਾ/ਕਰਦੀ ਹੋਵੇ, ਸ਼ਰਾਬ ਨਾ ਪੀਂਦਾ/ਪੀਂਦੀ ਹੋਵੇ, ਪਤਿਤ ਨਾ ਹੋਵੇ।
ਸਿੱਖਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਵਿਅਕਤੀ, ਭਾਵੇਂ ਉਹ ਸਮਾਜਿਕ ਜਾਂ ਧਾਰਮਿਕ ਹੋਣ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਯਤਨਸ਼ੀਲ ਹਨ, ਨੂੰ ਅਪੀਲ ਹੈ ਕਿ ਉਹ ਯੋਗ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਵੋਟਰ ਰਜਿਸਟ੍ਰੇਸ਼ਨ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਨਿਰਧਾਰਿਤ ਮਿਆਦ ਦੇ ਅੰਦਰ ਸਾਰੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮੁਕੰਮਲ ਕੀਤਾ ਜਾ ਸਕੇ।

