ਝੋਨੇ ਦੀ ਕਟਾਈ ਖਤਮ ਹੋਣ ਤੱਕ ਨੋਡਲ ਤੇ ਕਲੱਸਟਰ ਅਧਿਕਾਰੀਆਂ ਨੂੰ ਕੋਈ ਛੁੱਟੀ ਨਹੀਂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 8.30 ਵਜੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਜਲੰਧਰ, 18 ਨਵੰਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਨੀਵਾਰ ਨੂੰ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਝੋਨੇ ਦੀ ਕਟਾਈ ਮੁਕੰਮਲ ਹੋਣ ਤੱਕ ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਜਾਵੇਗੀ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਗਠਿਤ ਨੋਡਲ ਅਤੇ ਕਲੱਸਟਰ ਟੀਮਾਂ ਨਾਲ ਸਵੇਰੇ 8.30 ਵਜੇ ਦੇ ਕਰੀਬ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟੀਮਾਂ ਨੂੰ ਉਨ੍ਹਾਂ ਖੇਤਰਾਂ ਵੱਲ ਵਧੇਰੇ ਤਵਜੋਂ ਦੇਣ ਲਈ ਕਿਹਾ, ਜਿੱਥੇ ਝੋਨੇ ਦੀ ਕਟਾਈ ਕੁਝ ਦਿਨਾਂ ਵਿੱਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਤੱਕ ਟੀਮਾਂ ਵਿੱਚੋਂ ਕੋਈ ਵੀ ਵਿਅਕਤੀ ਛੁੱਟੀ ਨਹੀਂ ਲਵੇਗਾ ਅਤੇ ਆਪੋ- ਅਧਿਕਾਰ ਖੇਤਰ ਵਿੱਚ ‘ਜ਼ੀਰੋ ਫਾਰਮ ਫਾਇਰ’ ਨੂੰ ਯਕੀਨੀ ਬਣਾਏਗਾ। ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਐਸ.ਐਚ.ਓਜ਼ ਸਮੇਤ ਫੀਲਡ ਵਿੱਚ ਲਗਾਤਾਰ ਦੌਰਾ ਕਰਨ ਅਤੇ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਕਿਸਾਨਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ, ਜਿੱਥੇ ਕਟਾਈ ਅਜੇ ਹੋਣੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਹੜ੍ਹਾਂ ਕਾਰਨ ਸ਼ਾਹਕੋਟ, ਲੋਹੀਆਂ ਅਤੇ ਆਸ-ਪਾਸ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਝੋਨੇ ਦੀ ਬਿਜਾਈ ਪਛੜ ਗਈ ਹੈ, ਜਿਸ ਕਾਰਨ ਵਾਢੀ ਵਿੱਚ ਹੋਰ ਦੇਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਇਲਾਕਿਆਂ ਵਿੱਚ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਜਲੰਧਰ ਵਿੱਚ 189 ਨੋਡਲ ਅਫ਼ਸਰ ਅਤੇ 54 ਕਲੱਸਟਰ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਭੌਤਿਕ ਤਸਦੀਕ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਵੱਲੋਂ ਵਿਕਸਤ ਏ.ਟੀ.ਆਰ. (ਐਕਸ਼ਨ ਟੇਕਨ ਰਿਪੋਰਟ) ਮੋਬਾਈਲ ਐਪਲੀਕੇਸ਼ਨ ਰਾਹੀਂ ਰੋਜ਼ਾਨਾ ਕਾਰਵਾਈ ਸਬੰਧੀ ਰਿਪੋਰਟਾਂ ਸਾਂਝੀਆਂ ਕਰਨੀਆਂ ਹੁੰਦੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਰਿੰਦਰਪਾਲ ਸਿੰਘ ਬਾਜਵਾ ਤੇ ਮੇਜਰ ਡਾ. ਅਮਿਤ ਮਹਾਜਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

