ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਾਂਝੇ ਤੌਰ ’ਤੇ ਗਸ਼ਤ ਕਰਨ ਦੇ ਆਦੇਸ਼
ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਮੀਟਿੰਗ
ਜਲੰਧਰ, 08 ਨਵੰਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਸ਼ਾ਼ਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਪੁਲਿਸ ਕਰਮੀਆਂ ਨਾਲ ਨਾਜ਼ੁਕ ਥਾਵਾਂ ’ਤੇ ਸਾਂਝੇ ਤੌਰ ’ਤੇ ਗਸ਼ਤ ਕੀਤੀ ਜਾਵੇ ਜਦਕਿ ਐਸ.ਐਸ.ਪੀ. ਜਲੰਧਰ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਨੇ ਸਾਰੇ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਕਿ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤੀ ਜਾਵੇ।
ਮਾਨਯੋਗ ਉੱਚ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਸਖ਼ਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਂਝੇ ਤੌਰ ’ਤੇ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 85 ਫੀਸਦ ਝੋਨੇ ਦੀ ਕਟਾਈ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਹੁਣ ਬਾਕੀ 15 ਫੀਸਦ ਫ਼ਸਲ ਦੀ ਕਟਾਈ ਪਿੱਛੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਪਹਿਲਾਂ ਹੀ ਦੌਰੇ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੇ ਤੌਰ ’ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਫ਼ਸਲ ਦੀ ਕਟਾਈ ਕੀਤੀ ਜਾਣੀ ਹੈ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਪੈਦਲ ਮਾਰਚ ਵੀ ਕੱਢੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ।
ਇਸ ਮੌਕੇ ਐਸ.ਐਸ.ਪੀ. ਮੁੱਖਵਿੰਦਰ ਸਿੰਘ ਭੁੱਲਰ ਨੇ ਵੀ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਕਿ ਅਗਲੇ ਕੁਝ ਦਿਨਾਂ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਰਹਿ ਕੇ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾ ਸਕੇ।

ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ.ਐਚ.ਓਜ਼ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਨੂੰ ਖੇਤਾਂ ਵਿੱਚ ਫਸ਼ਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬੀਟ ਸਿਸਟਮ ਨੂੰ ਲਾਗੂ ਕਰਨਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਜਸਬੀਰ ਸਿੰਘ ਅਤੇ ਡਾ. ਅਮਿਤ ਮਹਾਜਨ ਅਤੇ ਹੋਰ ਵੀ ਹਾਜ਼ਰ ਸਨ।

