23 ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਿਤ
ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਰਜਾ ਦੇਣ ਦਾ ਦਿੱਤਾ ਸੁਨੇਹਾ
ਜਲੰਧਰ : ਸਿਹਤ ਵਿਭਾਗ ਜਲੰਧਰ ਵਲੋਂ ਵੀਰਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਨਵਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਵਲੋਂ ਨਵਜੰਮਿਆਂ ਬੱਚੀਆਂ ਦੇ ਮਾਪਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਤੋਹਫੇ ਦਿੱਤੇ ਗਏ। ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਦੀਆਂ ਵਿਦਿਆਰਥਣਾਂ ਵੱਲੋਂ ਲੋਹੜੀ ਦੇ ਗੀਤ ਗਾਉਂਦਿਆਂ ਗਿੱਧਾ ਪੇਸ਼ ਕਰਕੇ “ਧੀਆਂ ਦੀ ਲੋਹੜੀ” ਦੇ ਇਸ ਪ੍ਰੋਗਰਾਮ ‘ਚ ਰੋਣਕਾਂ ਲਗਾ ਦਿੱਤੀਆਂ ਗਈਆਂ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਵਲੋਂ ਧੀਆਂ ਦੀ ਲੋਹੜੀ ਸੰਬੰਧੀ ਇਸ ਸਮਾਰੋਹ ਦੇ ਸ਼ੁਭ ਮੌਕੇ ‘ਤੇ 23 ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ “ਬੇਟੀ ਬਚਾਓ ਬੇਟੀ ਪੜ੍ਹਾਓ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਡਾ. ਮਨਦੀਪ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਕੁੜੀਆਂ ਦੇ ਨਾਲ ਹੁੰਦੇ ਵਿਤਕਰੇ ਨੂੰ ਰੋਕੀਏ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਡੀ.ਡੀ.ਐਚ.ਓ. ਡਾ. ਬਲਜੀਤ ਕੌਰ ਰੂਬੀ, ਡਿਪਟੀ ਮੈਡੀਕਲ ਕਮਿਸ਼ਨਰ ਜੋਤੀ ਸ਼ਰਮਾ, ਐਸ.ਐਮ.ਓ. ਡਾ. ਗੁਰਮੀਤ ਲਾਲ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਸੱਤਜੀਤ ਕੌਰ, ਪ੍ਰਿੰਸੀਪਲ ਐਸ.ਬੀ.ਐਲ.ਐਸ. ਨਰਸਿੰਗ ਸਕੂਲ ਪਰਮਜੀਤ ਕੌਰ, ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰਿਆ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਵੀ ਮੌਜੂਦ ਸੀ।

