ਐਸ.ਐਸ.ਪੀ. ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ
‘ਵਿਲੇਜ ਡਿਫੈਂਸ ਕਮੇਟੀਆਂ’ ਦਾ ਗਠਨ, ਗੈਰ-ਸਮਾਜੀ ਗਤੀਵਿਧੀਆਂ ਰੋਕਣ ’ਚ ਹੋਣਗੀਆਂ ਸਹਾਈ
ਸਮਾਜਿਕ ਬੁਰਾਈਆਂ ਖ਼ਿਲਾਫ਼ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਦਾ ਕੀਤਾ ਜਾਵੇਗਾ ਸਨਮਾਨ
ਕਪੂਰਥਲਾ, 19 ਜੁਲਾਈ: ਗੌਰਵ ਮੜੀਆ ਜਲੰਧਰ ਰੇਂਜ ਦੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਸ਼ਿਕਾਇਤਾਂ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਕਰਨ, ਮਾੜੇ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਣ ਅਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨ ਕੀਤੇ ਜਾਣ, ਸਥਾਨਕ ਪੁਲਿਸ ਲਾਈਨਜ਼ ਵਿਖੇ ਐਸ.ਐਸ.ਪੀ. ਵਤਸਲਾ ਗੁਪਤਾ, ਸਮੂਹ ਜੀ.ਓਜ਼, ਥਾਣਾ ਮੁਖੀਆਂ ਅਤੇ ਹੋਰਨਾਂ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਡੀ.ਆਈ.ਜੀ. ਨੇ ਕਿਹਾ ਕਿ ਵੱਖ-ਵੱਖ ਪੱਧਰ ’ਤੇ ਚੱਲ ਰਹੀਆਂ ਪੜਤਾਲਾਂ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਦਿਆਂ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਗੰਭੀਰ ਮਸਲਿਆਂ ਦੇ ਹੱਲ ਲਈ ਅਸਰਦਾਰ ਐਕਸ਼ਨ ਪਲਾਨ ਬਣਾ ਕੇ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਅਜਿਹੇ ਮਾਮਲੇ ਸਮੇਂ ਸਿਰ ਸੁਚੱਜੇ ਤਰੀਕੇ ਨਾਲ ਨਬੇੜੇ ਜਾ ਸਕਣ । ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਅਜਿਹੀਆਂ ਸਰਗਰਮੀਆਂ ’ਤੇ ਬਾਜ਼ ਨਜ਼ਰ ਰੱਖੀ ਜਾਵੇ ਅਤੇ ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ। ਲੰਬਿਤ ਪੜਤਾਲਾਂ ਬਾਰੇ ਗੱਲ ਕਰਦਿਆਂ ਡੀ.ਆਈ. ਜੀ. ਨੇ ਇਨ੍ਹਾਂ ਸ਼ਿਕਾਇਤਾਂ ਬਾਰੇ ਸੰਬੰਧਤ ਅਧਿਕਾਰੀਆਂ ਨੂੰ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਉਂਦਿਆਂ ਜਲਦ ਤੋਂ ਜਲਦ ਨਿਬੇੜੇ ਦੇ ਨਿਰਦੇਸ਼ ਦਿੱਤੇ।

ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਬਾਰੇ ਗੱਲ ਕਰਦਿਆਂ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ‘ਵਿਲੇਜ ਡਿਫੈਂਸ ਕਮੇਟੀਆਂ’ ਦਾ ਗਠਨ ਕੀਤਾ ਜਾ ਚੁੱਕਾ ਹੈ ਜਿਹੜੀਆਂ ਕਿ ਪਿੰਡਾਂ ਵਿਚ ਗੈਰ-ਸਮਾਜੀ ਸਰਗਰਮੀਆਂ ਨੂੰ ਸੁਚੱਜੇ ਢੰਗ ਨਾਲ ਠੱਲ੍ਹ ਪਾਉਣ ਵਿਚ ਸਹਾਈ ਹੋਣਗੀਆਂ। ਡੀ.ਆਈ.ਜੀ. ਨੇ ਇਨ੍ਹਾਂ ਕਮੇਟੀਆਂ ਦੇ ਵੱਖ-ਵੱਖ ਪਿੰਡਾਂ ਤੋਂ ਆਏ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਇਸ ਅਲ੍ਹਾਮਤ ਦੇ ਮਾੜੇ-ਪ੍ਰਭਾਵਾਂ ਤੋਂ ਜਾਣੂ ਅਤੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਦੇ ਮੁਕੰਮਲ ਸਫ਼ਾਏ ਨੂੰ ਯਕੀਨੀ ਬਣਾਇਆ ਜਾ ਸਕੇ। ਮੈਡੀਕਲ ਸਟੋਰਾਂ ਬਾਰੇ ਗੱਲ ਕਰਦਿਆਂ ਡੀ.ਆਈ. ਜੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਜਲਦ ਹੀ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਵਿੱਢੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ਬਾਹਰ ਸੀ.ਸੀ.ਟੀ.ਵੀ. ਕੈਮਰੇ ਲੱਗਣਗੇ ਅਤੇ ਗਜ਼ਟਿਡ ਅਧਿਕਾਰੀ ਚੈਕਿੰਗ ਦੌਰਾਨ ਇਨ੍ਹਾਂ ਕੈਮਰਿਆਂ ਦਾ ਪਿਛਲੇ ਇੱਕ ਮਹੀਨੇ ਦਾ ਬੈਕਅਪ ਚੈੱਕ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਦਾ ਖ਼ਾਤਮਾ ਸੰਭਵ ਹੈ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਲੋਕ ਸਹਿਯੋਗ ਨਾਲ ਚੈਕਿੰਗ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਖਿਲਾਫ ਸ਼ਾਨਦਾਰ ਕੰਮ ਕਰਨ ਵਾਲੇ ਨੌਜਵਾਨਾਂ ਅਤੇ ਪਿੰਡਾਂ ਦੇ ਮੋਹਤਬਰਾਂ ਦੀ ਹੌਸਲਾ ਅਫਜਾਈ ਵੀ ਕੀਤੀ ਜਾਵੇਗੀ।

ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੀ.ਆਈ.ਜੀ. ਨੇ ਨਸ਼ਿਆਂ ਦੀ ਰੋਕਥਾਮ ਲਈ ਸਮੂਹ ਵਿਭਾਗਾਂ ਨੂੰ ਸਾਂਝੇ ਉਪਰਾਲਿਆਂ ਰਾਹੀਂ ਹੋਰ ਚੌਕਸੀ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੱਡਣ ਵਾਲਿਆਂ ਦੀ ਨਿਯਮਿਤ ਨਿਗਰਾਨੀ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਮੁੜ ਇਸ ਅਲਾਮਤ ਵੱਲ ਨਾ ਪਰਤਣ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਜਲਦ ਤੋਂ ਜਲਦ ਲਗਵਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰੇਗਾ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਡੀ.ਆਈ.ਜੀ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਸਿਰ ਕੀਤੀ ਜਾਂਦੀ ਚੈਕਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਲੋੜੀਂਦਾ ਸਹਿਯੋਗ ਯਕੀਨੀ ਬਣਾਇਆ ਜਾਵੇਗਾ।

