ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ’ਚ ਨਮੀ ਦੀ ਵੱਧ ਮਾਤਰਾ ਤੋਂ ਬਚਣ ਲਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਫ਼ਸਲ ਦੀ ਕਟਾਈ ਤੋਂ ਗੁਰੇਜ਼ ਕਰਨ ਲਈ ਕਿਹਾ
ਜਲੰਧਰ, 3 ਅਕਤੂਬ : ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਝੋਨੇ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ. ਐਸ. ਦਾ ਸਰਟੀਫਿਕੇਟ ਹੋਵੇ।
ਉਨ੍ਹਾਂ ਕਿਸਾਨਾਂ ਨੂੰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ, ਜਿਸ ਕਾਰਨ ਫ਼ਸਲ ਦੀ ਖਰੀਦ ਵਿੱਚ ਦੇਰੀ ਹੁੰਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਰਾਤ ਦੇ ਸਮੇਂ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਜੇਕਰ ਰਾਤ ਸਮੇਂ ਕਟਾਈ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਖ਼ਰੀਦ ਵਿੱਚ ਮੁਸ਼ਕਲ ਆ ਸਕਦੀ ਹੈ।
.ਇਸ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਅਨਾਜ ਹੀ ਲੈ ਕੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਵੀ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।


