ਜਲੰਧਰ, 3 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਈ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਧੂੰਏਂ ਦੀ ਸੰਘਣੀ ਪਰਤ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਸੜਕ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।


