ਕਪੂਰਥਲਾ 15ਮਈ (ਗੌਰਵ ਮੜੀਆ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿਥੇ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਡਰੱਗ ਕੰਟਰੋਲ ਟੀਮਾਂ ਵੱਲੋਂ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਉਥੇ ਹੀ ਸਿਹਤ ਵਿਭਾਗ ’ਚ ਇਮਾਨਦਾਰ ਅਤੇ ਸਖਤ ਅਫਸਰ ਵਜੋਂ ਜਾਣੇ ਜਾਂਦੇ ਜਿਲਾ ਡਰੱਗ ਕੰਟਰੋਲਰ ਅਨੁਪਮਾ ਕਾਲੀਆ ਵੀ ਬੀਤੇ ਸਮੇਂ ਤੋਂ ਐਕਸ਼ਨ ਮੂਡ ਵਿੱਚ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਵੀ ਲਗਾਤਾਰ ਹੀ ਜਿਲੇ ਭਰ ਵਿੱਚ ਪੈਂਦੇ ਵੱਖ ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਵਿੱਚ ਪੁਲਿਸ ਵੱਲੋਂ ਵੀ ਪੂਰਨ ਤੌਰ ’ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਜਦੋਂ ਵੀ ਉਹ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਦੇ ਹਨ ਤਾਂ ਵੱਖ ਵੱਖ ਥਾਣਿਆਂ ਦੇ ਅਫਸਰ ਵੀ ਉਨ੍ਹਾਂ ਦੇ ਨਾਲ ਹੁੰਦੇ ਹਨ ਅਤੇ ਜਿੱਥੇ ਲੱਖਾਂ ਰੁਪਏ ਦੀਆਂ ਪਾਬੰਦੀਸ਼ੁਦਾ ਦਵਾਈਆਂ ਨੂੰ ਜਬਤ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਕਾਰਵਾਈ ਲਈ ਰਿਪੋਰਟ ਕੀਤੀ ਜਾ ਰਹੀ ਹੈ।

ਇਸੇ ਤਹਿਤ ਹੀ ਡਰੱਗ ਕੰਟੋਲਰ ਅਨੁਪਮਾ ਕਾਲੀਆ ਵੱਲੋਂ ਜਿਲੇ ਵਿੱਚ ਪੈਂਦੇ ਵੱਖ ਵੱਖ ਮੈਡੀਕਲ ਸਟੋਰਾਂ ਦੀ ਪੁਲਿਸ ਅਧਿਕਾਰੀਆਂ ਸਮੇਤ ਚੈਕਿੰਗ ਕੀਤੀ ਗਈ ਅਤੇ ਮੈਡੀਕਲ ਸਟੋਰਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਡਰੱਗ ਕੰਟਰੋਲਰ ਅਨੁਪਮਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਨ੍ਹਾਂ ਵੱਲੋਂ ਲਗਾਤਾਰ ਹੀ ਜਿਲੇ ਭਰ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਜੇਕਰ ਕਿਸੇ ਵੀ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੁੰਦੀਆਂ ਹਨ ਤਾਂ ਇਸ ਸਬੰਧੀ ਕਾਰਵਾਈ ਕਰਨ ਲਈ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਮੈਡੀਕਲ ਸਟੋਰ ਅਜਿਹਾ ਆਉਂਦਾ ਹੈ ਜੋ ਪਾਬੰਦੀਸ਼ੁਦਾ ਦਵਾਈਆਂ ਵੇਚਦਾ ਹੈ ਤਾਂ ਇਸਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਜਾਵੇ।

