10 ਡੈਸੀਬਲ ਤੋਂ ਘੱਟ ਰਹੇਗੀ ਅਵਾਜ਼
ਮੈਰਿਜ ਪੈਲਸਾਂ ਤੇ ਜਨਤਕ ਥਾਵਾਂ ’ਤੇ ਲਾਊਡ ਸਪੀਕਰ ਦੀ ਵਰਤੋਂ ਲਈ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ
ਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਹੋ ਸਕੇਗੀ ਵਰਤੋਂ
ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਲਗਾਉਣ ’ਤੇ ਪੂਰਨ ਪਾਬੰਦੀ
ਜਲੰਧਰ, 1 ਮਾਰਚ :- ਵਿਦਿਆਰਥੀਆਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਸ਼ੌਰ ਪ੍ਰਦੂਸ਼ਣ (ਰੈਗੂਲੇਸ਼ਨ ਤੇ ਕੰਟਰੋਲ) ਨਿਯਮ-2000 ਨੂੰ ਮੁੱਖ ਰੱਖਦਿਆਂ ਧਾਰਾ 144 ਤਹਿਤ ਮੈਰਿਜ ਪੈਲੇਸ, ਜਨਤਕ ਥਾਵਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਵਰਤੋਂ ਕਰਨ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਅਵਾਜ਼ 10 ਡੈਸੀਬਲ ਤੋਂ ਹੇਠਾਂ ਹੋਣੀ ਚਾਹੀਦੀ ਹੈ। ਜਾਰੀ ਹੁਕਮਾਂ ਅਨੁਸਾਰ ਬੱਸਾਂ, ਕਾਰਾਂ, ਮੋਟਰਸਾਈਕਲ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ 10ਵੀਂ ਅਤੇ 12ਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ ਬਾਰੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮਾਂ ਵਿੱਚ ਸਪਸ਼ਟ ਕੀਤਾ ਹੈ ਕਿ ਮੈਰਿਜ ਪੈਲੇਸਾਂ ਅਤੇ ਜਨਤਕ ਸਥਾਨਾਂ ’ਤੇ ਲਾਊਡ ਸਪੀਕਰ ਆਦਿ ਦੀ ਵਰਤੋਂ ਕਰਨ ਲਈ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੈ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਹੋਵੇਗਾ।
ਇਹ ਹੁਕਮ 20.04.2023 ਤੱਕ ਲਾਗੂ ਰਹਿਣਗੇ।
———–

