ਸ਼ਹਿਰ ਦੀਆਂ ਸਮੱਸਿਆਵਾ ਨੂੰ ਲੈਕੇ ਗੁਰਪਾਲ ਇੰਡੀਅਨ ਨੇ ਕੀਤੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਕਪੂਰਥਲਾ(ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਸ਼ਹਿਰ ਵਿੱਚ ਨਿਵਾਸੀਆਂ ਨੂੰ ਆ ਰਹੀਆਂ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਗੁਰਪਾਲ ਇੰਡੀਅਨ ਨੇ ਡਿਪਟੀ ਕਮਿਸ਼ਨਰ ਪਾਸੋਂ ਅੰਮ੍ਰਿਤ ਕਾਲ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਪ੍ਰਗਤੀ ਅਤੇ ਨਵੀਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ, ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਅਪੀਲ ਕੀਤੀ ਕਿ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਜਾਵੇ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਜੰਗੀ ਪੱਧਰ ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ।
ਇਸ ਦੌਰਾਨ ਇੰਡੀਅਨ ਨੇ ਸ਼ਹਿਰ ਵਿੱਚ ਕੂੜਾ ਡੰਪ ਕਾਰਣ ਆ ਰਹੀ ਸਮੱਸਿਆ ਤੇ ਵੀ ਡਿਪਟੀ ਕਮਿਸ਼ਨਰ ਨਾਲ ਵਿਸਥਾਰਪੂਵਕ ਚਰਚਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕਰਨੈਲ ਸਿੰਘ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸ਼ਹਿਰ ਦੀਆਂ ਸਮਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣਾ ਉਨ੍ਹਾਂਦਾ ਫਰਜ ਹੈ ਅਤੇ ਉਹ ਇਸ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਣਗੇ। ਇਸ ਦੌਰਾਨ ਗੁਰਪਾਲ ਸਿੰਘ ਇੰਡੀਅਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।
ਇਸ ਉਦੇਸ਼ ਦੀ ਪ੍ਰਾਪਤੀ ਲਈ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਗਰ ਨਿਗਮ, ਨਗਰ ਪੰਚਾਇਤਾਂ ਦੇ ਕੰਮਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ਨੂੰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਮੇਂ ਸਮੇਂ ਸੀਵਰੇਜ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸੀਵਰੇਜ ਦੀਆਂ ਪਾਈਪਾਂ ਬਲਾਕ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭਿ੍ਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

