ਗੁਰੂ ਰਵਿਦਾਸ ਜੀ ਦੇ ਫਲਸਫੇ ਅਤੇ ਮਹਾਨ ਸਿਖਿਆਵਾਂ ਤੇ ਪਹਿਰਾ ਦੇਣ ਦਾ ਸੱਦਾ
ਜਲੰਧਰ, 5 ਫਰਵਰੀ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੁੰਦਿਆਂ ਸਮੂਹ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਅਤੇ ਹੋਰਨਾਂ ਸਮੇਤ ਡੇਰਾ ਬੱਲਾਂ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਸਾਰਿਆਂ ਨੂੰ ਮਨੁੱਖਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਮਹਾਨ ਸਿਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਸਰਬ ਸਾਂਝੀ ਵਾਲਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਡੇਰੇ ਵਿਖੇ ਨਤਮਸਤਕ ਹੋਣ ਉਪਰੰਤ ਕੀਰਤਨ ਦਾ ਆਨੰਦ ਵੀ ਮਾਣਿਆ।
ਡੇਰਾ ਸੱਚਖੰਡ ਬੱਲਾਂ ਵਲੋਂ ਡਾ. ਬਲਬੀਰ ਸਿੰਘ, ਵਿਧਾਇਕ ਬਲਕਾਰ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਡੇਰਾ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰੀ ਗਿਣਤੀ ਸੰਗਤ ਦੀ ਆਮਦ ਦੇ ਮੱਦੇਨਜ਼ਰ ਡੇਰੇ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਢੁਕਵੀਆਂ ਥਾਵਾਂ ’ਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

