ਜਲੰਧਰ, 24 ਨਵੰਬਰ : : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਮੁਕਤ ਕਰਨ ਲਈ ਖੇਡਾਂ ਹੀ ਸਭ ਤੋਂ ਉੱਤਮ ਜ਼ਰੀਆ ਹਨ, ਇਸੇ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਂਦੀਆਂ ਹਨ। ਉਹ ਅੱਜ ਰੁਸਤਮੇ ਹਿੰਦ ਦਾਰਾ ਸਿੰਘ ਨੂੰ ਸਮਰਪਿਤ ਰੁਸਤਮੇ ਵੈਲਫੇਅਰ ਸੋਸਾਇਟੀ (ਰਜਿ.) ਵੱਲੋਂ ਦੁਸਹਿਰਾ ਗਰਾਊਂਡ, ਬਸਤੀ ਬਾਵਾ ਖੇਲ ਵਿਖੇ ਕਰਵਾਏ 9ਵੇਂ ਸਲਾਨਾ ਕੁਸ਼ਤੀ ਦੰਗਲ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਹੀ ਉਦੇਸ਼ ਪੰਜਾਬ ਨੂੰ ਭਾਰਤ ਦਾ ਸਰਵੋਤਮ ਸੂਬਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇਸ ਪਾਸੇ ਸਭ ਤੋਂ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਣਗਿਣਤ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵਿੱਚ ਆਪਣੀ ਰੁਚੀ ਦਿਖਾ ਰਹੇ ਹਨ ਅਤੇ ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਸ੍ਰੀ ਮਹਿੰਦਰ ਭਗਤ ਨੂੰ ਸੁਸਾਇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।