ਸੁਲਤਾਨਪੁਰ ਲੋਧੀ,(ਗੌਰਵ ਮੜੀਆਂ ): ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਇੱਥੇ ਸਮਾਰਟ ਸਿਟੀ ਪ੍ਰਾਜੈਕਟਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈੰਦਿਆਂ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕਾਰਜਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ।ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਚੱਲ ਰਹੇ ਵਿਕਾਸ ਕਾਰਜ ਸੀਵਰੇਜ ਟ੍ਰੀਟਮੈਂਟ ਪਲਾਂਟ, ਸਮਾਰਟ ਸਕੂਲ,ਆਈ.ਸੀ.ਸੀ.ਸੀ ਕੇਂਦਰ, ਪ੍ਰਸ਼ਾਸਕੀ ਕੰਪਲੈਕਸ, ਸੀਵਰੇਜ ਲਾਈਨ ਅਤੇ ਕਿਲਾ ਸਰਾਏ ਆਦਿ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਨੇਪਰੇ ਚਾੜ੍ਹਦਿਆਂ ਕੁਆਲਿਟੀ ਅਤੇ ਮਿਆਰ ਦਾ ਪੂਰਾ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਿਰਧਾਰਤ ਸਮਾਂਹੱਦ ਨੂੰ ਵੀ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕਾਰਜਾਂ ਦੀ ਪ੍ਰਗਤੀ ਰਿਪੋਰਟ ਹਰੇਕ 15 ਦਿਨ ਬਾਅਦ ਉਪ ਮੰਡਲ ਮੈਜਿਸਟ੍ਰੇਟ ਦੇ ਦਫਤਰ ਵਿਚ ਪੁੱਜਦੀ ਕੀਤੀ ਜਾਵੇ।ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੱਲ ਰਹੇ ਕੰਮ ਤੇ ਤਸੱਲੀ ਪ੍ਰਗਟਾਈ ਗਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕੰਮ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।