ਢਿਲਵਾਂ/ਕਪੂਰਥਲ਼ਾ, 7 ਮਾਰਚ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਐਸ.ਐਸ.ਪੀ. ਕਪੂਰਥਲਾ ਸ੍ਰੀ ਗੌਰਵ ਤੂਰਾ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵਲੋਂ ਆਪਰੇਸ਼ਨ ਸੀਲ-9 ਤਹਿਤ ਸਖਤ ਨਾਕਾਬੰਦੀ ਤੇ ਚੈਕਿੰਗ ਕੀਤੀ ਗਈ। ਐਸ.ਐਸ.ਪੀ. ਸ੍ਰੀ ਤੂਰਾ ਵਲੋਂ ਖੁਦ ਦੇਰ ਰਾਤ ਤੇ ਤੜਕਸਾਰ ਵੱਖ-ਵੱਖ ਨਾਕਿਆਂ, ਚੈੱਕ ਪੋਸਟਾਂ ਤੇ ਐਂਟਰੀ ਪੁਆਇੰਟਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ

ਐਸ.ਐਸ.ਪੀ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਐਂਟਰੀ ਪੁਆਇੰਟਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨੂੰ ਬਿਨ੍ਹਾਂ ਚੈਕਿੰਗ ਦੇ ਜ਼ਿਲ੍ਹੇ ਅੰਦਰ ਦਾਖਲ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸਮੂਹ ਐਸ.ਐਚ.ਓਜ਼ ਨੂੰ ਵੀ ਆਪਣੇ ਖੇਤਰ ਵਿਚ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਤੂਰਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਖਰੀਦਣ ਵਾਲਿਆਂ ’ਤੇ ਬਾਜ ਅੱਖ ਰੱਖੀ ਜਾ ਰਹੀ ਹੈ ਤਾਂ ਜੋ ਜਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਐਸ.ਐਸ.ਪੀ ਵਲੋਂ ਢਿਲਵਾਂ ਦੇ ਹਾਈਟੈੱਕ ਨਾਕੇ ’ਤੇ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਵੀ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਿਛਲੇ 6 ਦਿਨਾਂ ਵਿਚ ਹੀ 28 ਤਸਕਰਾਂ ਨੂੰ ਗਿ੍ਰਫਤਾਰ ਕਰਕੇ 27 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 16 ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਨਸ਼ੇ ਨੂੰ ਰੋਕਣ ਦੇ ਨਾਲ-ਨਾਲ ਪ੍ਰਭਾਵਿਤ ਖੇਤਰਾਂ ਅੰਦਰ ਨਸ਼ੇ ਵਿਰੁੱਧ ਜਾਗਰੂੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

