ਕਿਹਾ-ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ
ਕਪੂਰਥਲਾ( ਗੌਰਵ ਮੜੀਆ )ਸ਼੍ਰੋਮਣੀ ਅਕਾਲੀ ਦਲ ਦੀ ਟੀਮ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਾਰ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਕੜੀ ਟੱਕਰ ਦੇ ਕੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਕਾਸ ਦੀ ਲਹਿਰ ਚਲਾ ਕੇ ਪੰਜਾਬ ਦਾ ਨਕਸ਼ਾ ਪੂਰੀ ਤਰ੍ਹਾਂ ਬਦਲ ਦਿੱਤਾ ਸੀ,ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਝੂਠੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ,
ਜਿਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਲਗਾਤਾਰ ਵਾਂਝੇ ਰੱਖਿਆ ਜਾ ਰਿਹਾ ਹੈ,ਸਫ਼ਾਈ ਦੀ ਹਾਲਤ ਮਾੜੀ ਹੈ,ਸੀਵਰੇਜ ਸਿਸਟਮ ਦਾ ਮੰਦਾ ਹਾਲ ਹੈ,ਜਿਸ ਕਾਰਨ ਕਪੂਰਥਲਾ ਦੇ ਸਾਰੇ 50 ਵਾਰਡਾਂ ਦੀਆਂ ਸੜਕਾਂ ਨੇ ਗੰਦੇ ਨਾਲਿਆਂ ਦਾ ਰੂਪ ਧਾਰਨ ਕਰ ਲਿਆ ਹੈ।ਵਡਾਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ ਅਤੇ ਲੋਕ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰ ਬਣਾਈ ਜਾਂਦੀ ਹੈ,ਪਰ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਸੱਤਾ ਵਿਚ ਬਣੇ ਰਹਿਣ ਲਈ ਆਪਣੇ ਨਿੱਜੀ ਮੁੱਦੇ ਉਠਾ ਰਹੀ ਹੈ ਅਤੇ ਇਨ੍ਹਾਂ ਮੁੱਦਿਆਂ ਨਾਲ ਆਮ ਜਨਤਾ ਦਾ ਕੋਈ ਸੁਧਾਰ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਉਪਰੋਕਤ ਦੋਵਾਂ ਪਾਰਟੀਆਂ ਦੇ ਸਤਾਏ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਯਾਦ ਕਰਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਮੂਡ ਵਿੱਚ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਬਿਹਤਰੀ ਲਈ ਵਿਕਾਸ ਕਾਰਜਾਂ ਦੀ ਲਹਿਰ ਚਲਾਈ ਗਈ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਬਣਨ ਤੇ ਪੰਜਾਬ ਨੂੰ ਮੁੜ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਨਾਲ ਹੀ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਬਹੁਮਤ ਨਾਲ ਜਿਤਾਇਆ ਜਾਵੇ,ਤਾਂ ਜੋ ਪੰਜਾਬ ਨੂੰ ਵਿਸ਼ਵ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ।

