ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ
ਸੰਗਰੂਰ, : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ‘ਚ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਈ-ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਲਈ ਚੰਗਾ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰੀ ਰਣਬੀਰ ਕਾਲਜ ‘ਚ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਉਹ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਸਮਾਜ ‘ਚ ਉਸਾਰੂ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਨਾਲ ਹੀ ਸਮਾਜ ‘ਚ ਸਾਰਥਕ ਸੁਧਾਰ ਲਿਆਉਣ ਦੇ ਸੁਪਨੇ ਨੂੰ ਹਕੀਕਤ ‘ਚ ਬਦਲਿਆ ਜਾ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ, ਕਾਲਜ ਦਾ ਹੋਰ ਸਟਾਫ, ਪਤਵੰਤੇ ਤੇ ਆਪ ਆਗੂ ਹਾਜ਼ਰ ਸਨ।

